‘ਆਪ’ ਸਰਕਾਰ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਵਚਨਬੱਧ: ਸੁਸ਼ੀਲ ਰਿੰਕੂ

Share on Social Media

ਜਲੰਧਰ (ਧਵਨ)–‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਪਿਰਾਮਿਡ ਈ-ਸਰਵਿਸਿਜ਼ ਅਤੇ ਪਿਰਾਮਿਡ ਕਾਲਜ ਦੇ ਮੀਤ ਪ੍ਰਧਾਨ ਭਵਨੂਰ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸੁਸ਼ੀਲ ਰਿੰਕੂ ਨੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਕਾਲਜ ਵੱਲੋਂ ਕੀਤੀ ਜਾ ਰਹੀ ਪਹਿਲ ਅਤੇ ਭਵਿੱਖ ਦੇ ਟੀਚਿਆਂ ਬਾਰੇ ਜਾਣਿਆ। ਬੇਦੀ ਨੇ ਨੌਜਵਾਨਾਂ ਦੇ ਸੰਪੂਰਨ ਵਿਕਾਸ ਲਈ ਕਾਲਜ ਦੀ ਵਚਨਬੱਧਤਾ ਦੁਹਰਾਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੋਜ਼ਗਾਰ ਦੇ ਮੌਕਿਆਂ ਲਈ ਉੱਚ ਸਿੱਖਿਆ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾ ਕਿਹਾ ਕਿ ਚੰਗੇ ਹੁਨਰ ਨਾਲ ਹੀ ਸਫ਼ਲਤਾ ਸੰਭਵ ਹੈ ਅਤੇ ਇਸ ਦੇ ਲਈ ਚੰਗੀ ਸਿੱਖਿਆ ਬਹੁਤ ਜ਼ਰੂਰੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਵਧੀਆ ਕਾਰਪੋਰੇਟ ਕੰਪਨੀਆਂ ਵਿਚ ਨੌਕਰੀ ਹਾਸਲ ਕਰਨ ਅਤੇ ਉਨ੍ਹਾਂ ਨੂੰ ਗਲੋਬਲ ਸਿਟੀਜ਼ਨ ਬਣਾਉਣ ਲਈ ਅੰਗਰੇਜ਼ੀ ਭਾਸ਼ਾ ਦੇ ਮਹੱਤਵ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਇਕ ਵਾਰ ਫਿਰ ਦੁਹਰਾਇਆ ਕਿ ਆਮ ਆਦਮੀ ਪਾਰਟੀ ਅਤੇ ਉਹ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਵੱਧ ਤੋਂ ਵੱਧ ਨੌਕਰੀਆਂ ਦੇਣ ਲਈ ਸਖ਼ਤ ਮਿਹਨਤ ਕਰ ਰਹੀ ਹੈ।