ਖੁੱਲ੍ਹੀ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਨੇਤਾਵਾਂ ‘ਤੇ CM ਮਾਨ ਦਾ ਵੱਡਾ ਬਿਆਨ

Share on Social Media

ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਖੁੱਲ੍ਹੀ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਧਿਰ ਦੇ ਆਗੂਆਂ ‘ਤੇ ਮੁੱਖ ਮੰਤਰੀ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦਾ ਰਾਹ ਚੁਣਿਆ ਹੈ। ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ। ਦੱਸਣਯੋਗ ਹੈ ਕਿ ਸੁਨੀਲ ਜਾਖੜ ਤੋਂ ਬਾਅਦ ਅਕਾਲੀ ਦਲ ਨੇ ਇਸ ਬਹਿਸ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਰਾਜਾ ਵੜਿੰਗ ਨੇ ਵੀ ਬਹਿਸ ਵਿੱਚ ਜਾਣ ਤੋਂ ਪਹਿਲਾਂ ਕੁਝ ਸ਼ਰਤਾਂ ਰੱਖੀਆਂ ਸਨ। ਫ਼ਿਲਹਾਲ ਵੇਖਣਾ ਇਹ ਹੋਵੇਗਾ ਕਿ 1 ਨਵੰਬਰ ਨੂੰ ਇਸ ਬਹਿਸ ਵਿੱਚ ਵਿਰੋਧੀ ਧਿਰਾਂ ਵਿੱਚੋਂ ਕੌਣ-ਕੌਣ ਸ਼ਾਮਲ ਹੁੰਦਾ ਹੈ।

ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਇਜਲਾਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ਼ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫ਼ੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖ਼ਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।