ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਵਿੱਤਰ ਗੁਰਬਾਣੀ ਦਾ ਸੰਦੇਸ਼ ਮੁਫ਼ਤ ਪ੍ਰਸਾਰਣ ਜ਼ਰੀਏ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਬਜਾਏ ਆਪਣੇ ਪਹਿਲੇ ਵਾਅਦੇ ਤੋਂ ਯੂ-ਟਰਨ ਮਾਰ ਲਈ ਤਾਂ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇੱਕੋ ਚੈਨਲ ਦੇ ਹੱਥਾਂ ਵਿਚ ਬਣੇ ਰਹਿਣ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮਨੁੱਖਤਾ ਦੇ ਵਡੇਰੇ ਹਿੱਤਾਂ ਦੀ ਖਾਤਰ ਸੁਹਿਰਦ ਪਹੁੰਚ ਅਪਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਸਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਇਕ ਸਾਲ ਪਹਿਲਾਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਸੀ ਪਰ ਸ਼੍ਰੋਮਣੀ ਕਮੇਟੀ ਉਸ ਸਮੇਂ ਤੋਂ ਹੱਥ ਉਤੇ ਹੱਥ ਧਰ ਕੇ ਬੈਠੀ ਹੈ।