ਚੰਡੀਗੜ੍ਹ ‘ਚ ਕਿਸਾਨਾਂ ਨੂੰ ਰੋਕਣ ਲਈ ਸਾਰੇ ਐਂਟਰੀ ਪੁਆਇੰਟ ਸੀਲ, 2100 ਜਵਾਨਾਂ ਦੀ ਲੱਗੀ ਡਿਊਟੀ

Share on Social Media

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਅੰਦਰ ਆਉਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਹਨ। ਪੁਲਸ ਨੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ ਜਵਾਨ ਤਾਇਨਾਤ ਕਰ ਦਿੱਤੇ ਹਨ। ਸੀ. ਆਈ. ਏ. ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸਾਫ਼ ਕਿਹਾ ਕਿ ਜੇਕਰ ਕੋਈ ਕਿਸਾਨ ਅੰਦਰ ਆਉਂਦਾ ਹੈ ਤਾਂ ਉਸਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸਨੂੰ ਜੇਲ੍ਹ ਭੇਜ ਦਿੱਤਾ ਜਾਵੇ। ਚੰਡੀਗੜ੍ਹ ਪੁਲਸ ਦੇ ਉੱਚ ਅਧਿਕਾਰੀਆਂ ਨੇ ਕਿਸਾਨਾਂ ਨੂੰ ਰੋਕਣ ਲਈ 2100 ਜਵਾਨਾਂ ਨੂੰ ਡਿਊਟੀ ’ਤੇ ਤਾਇਨਾਤ ਕਰ ਦਿੱਤਾ ਹੈ, ਜਿਸ ਵਿਚ ਐੱਸ. ਐੱਸ. ਪੀ. ਕੰਵਰਦੀਪ ਕੌਰ ਅਤੇ ਐੱਸ. ਪੀ. ਸਿਟੀ ਖੁਦ ਨਜ਼ਰ ਰੱਖਣਗੇ।

ਸਾਰੇ ਐਂਟਰੀ ਪੁਆਇੰਟਾਂ ’ਤੇ ਡਵੀਜ਼ਨ ਦੇ ਡੀ. ਐੱਸ. ਪੀ. ਸਮੇਤ ਥਾਣਾ ਇੰਚਾਰਜ ਮੌਜੂਦ ਰਹਿਣਗੇ। ਉੱਚ ਅਧਿਕਾਰੀਆਂ ਨੇ ਸਥਿਤੀ ਨਾਲ ਨਜਿੱਠਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਸਭ ਤੋਂ ਪਹਿਲਾਂ ਮੋਹਾਲੀ ਗੋਲਫ਼ ਮੋੜ ਨੇੜੇ ਸੈਕਟਰ-48 ਵਿਚ ਬੈਰੀਕੇਡ ਲਾ ਕੇ ਫੋਰਸ ਤਾਇਨਾਤ ਕਰ ਦਿੱਤੀ ਹੈ। ਹਰ ਹੱਦ ’ਤੇ ਵਾਟਰ ਬੂਜ਼ਰ, ਅੱਥਰੂ ਗੈਸ ਦੀਆਂ ਮਸ਼ੀਨਾਂ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਮੌਜੂਦ ਰਹਿਣਗੀਆਂ।