ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਐੱਮ. ਪੀ. ਵਜੋਂ ਚੁੱਕੀ ਸਹੁੰ

Share on Social Media

ਜਲੰਧਰ/ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ਵਿਚ ਸੰਸਦ ਮੈਂਬਰ ਵਜੋਂ ਅੱਜ ਸਹੁੰ ਚੁੱਕ ਲਈ ਹੈ। ਮਈ ਮਹੀਨੇ ਦੌਰਾਨ ਹੋਈ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਹਾਸਲ ਕੀਤੀ ਸੀ। ਸੁਸ਼ੀਲ ਕੁਮਾਰ ਰਿੰਕੂ ਨੇ ਜ਼ਿਮਨੀ ਚੋਣ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ। ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਨੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ।

ਜ਼ਿਕਰਯੋਗ ਹੈ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੰਸਦ ਮੈਂਬਰ ਹਨ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕ ਸਭਾ ‘ਚ ‘ਆਪ’ ਦਾ ਕੋਈ ਮੈਂਬਰ ਨਹੀਂ ਬਚਿਆ ਸੀ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਦਿੱਲੀ ਤੋਂ ਆਮ ਆਦਮੀ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਹੀਂ ਚੁਣ ਸਕਿਆ ਸੀ। ਉੱਥੇ ਭਾਜਪਾ ਨੇ ਸਾਰੀਆਂ ਸੱਤ ਸੀਟਾਂ ਜਿੱਤੀਆਂ ਸਨ। ਹੁਣ ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਲੋਕ ਸਭਾ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਵਜੋਂ ਆਪਣੀ ਭੂਮਿਕਾ ਨਿਭਾਉਣੀ ਪਵੇਗੀ।

ਸੰਸਦ ਮੈਂਬਰ ਸੰਤੋਖ ਸਿੰਘ ਦੀ ਦਿਹਾਂਤ ਮਗਰੋਂ ਖਾਲੀ ਹੋਈ ਸੀ ਜਲੰਧਰ ਲੋਕ ਸਭਾ ਦੀ ਸੀਟ 
ਜ਼ਿਕਰਯੋਗ ਹੈ ਕਿ ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ 14 ਜਨਵਰੀ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ। ਅਚਾਨਕ ਸਿਹਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਫਗਵਾੜਾ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।