ਹੁਸ਼ਿਆਰਪੁਰ – ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਦੇ ਰਹਿਣ ਵਾਲੇ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਦੁਬਈ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ, ਜਿਸ ਦੀ ਮ੍ਰਿਤਕ ਦੇਹ ਦੁਬਈ ਦੇ ਉੱਗੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾਕਟਰ ਐੱਸ. ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਬੁੱਧਵਾਰ ਨੂੰ ਹੁਸ਼ਿਆਰਪੁਰ ਵਿਖੇ ਪਹੁੰਚੀ। ਜਿਵੇਂ ਹੀ ਉਸ ਦੀ ਮ੍ਰਿਤਕ ਦੇਹ ਘਰ ਲਿਆਂਦੀ ਗਈ ਤਾਂ ਪੂਰਾ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ। ਅੱਜ ਹਰਜੋਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਸੀ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਮ੍ਰਿਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇੱਕੋ ਇਕ ਸਹਾਰਾ ਸੀ, ਉਸ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਸੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦੱਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖ਼ਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।