ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।
ਮੀਤ ਹੇਅਰ ਨੇ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।
ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ ‘ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।