ਪੰਜਾਬ ਦੇ ਕਿਸਾਨ ਹੋਣ ਲੱਗੇ ਜਾਗਰੂਕ, ਪਰਾਲੀ ਸਾੜਨ ਦਾ ਰੁਝਾਨ ਹੋਇਆ ਘੱਟ।

Share on Social Media

ਜਲੰਧਰ: ਅਕਤੂਬਰ ’ਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ ਸਾਲਾਂ ਦੌਰਾਨ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਅਤੇ ਪ੍ਰਸ਼ਾਸਨ ਤੇ ਪ੍ਰਦੂਸ਼ਣ ਵਿਭਾਗ ਵੱਲੋਂ ਕੀਤੀ ਜਾ ਰਹੀ ਸਖ਼ਤੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪ੍ਰਦੂਸ਼ਣ ਵਿਭਾਗ ਤੋਂ ਪ੍ਰਾਪਤ ਅੰਕੜਿਆ ਮੁਤਾਬਕ ਪਿਛਲੇ ਤਿੰਨ ਸਾਲਾਂ ਦੌਰਾਨ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਸਾੜਨ ਦੇ ਮਾਮਲਿਆ ’ਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਜੇਕਰ ਝੋਨੇ ਦੇ 2020 ਦੇ ਸੀਜ਼ਨ ਦੀ ਗੱਲ ਕੀਤੀ ਜਾਵੇ ਤਾਂ ਉਸ ਸਾਲ ਸੂਬੇ ’ਚ ਅੱਗ ਲਾਉਣ ਦੇ ਕੁੱਲ ਮਾਮਲੇ 76590 ਦਰਜ ਕੀਤੇ ਗਏ ਸਨ ਜਦੋਂਕਿ 2021 ਦੇ ਸੀਜ਼ਨ ਦੌਰਾਨ ਕੁੱਲ ਮਾਮਲੇ 71304 ਆਏ ਸਨ ਅਤੇ 2022 ਦੌਰਾਨ ਇਹ ਹੋਰ ਘੱਟ ਕੇ 49922 ਰਹਿ ਗਏ ਸਨ। ਪ੍ਰਦੂਸ਼ਣ ਵਿਭਾਗ ਤੇ ਪ੍ਰਸ਼ਾਸਨਿਕ ਟੀਮਾਂ ਵੱਲੋਂ ਪੜਤਾਲ ਉਪਰੰਤ ਐਨਵਾਇਰਮੈਂਟ ਕੰਪਨਸੇਸ਼ਨ (ਜੁਰਮਾਨਾ) ਤਿੰਨਾਂ ਸਾਲਾਂ ਦੌਰਾਨ ਕ੍ਰਮਵਾਰ 3,16,41,000 ਰੁਪਏ (2020), 2,85,77,500 ਰੁਪਏ (2020) ਅਤੇ 1,72,45,000 ਰੁਪਏ (2022) ਲਾਇਆ ਗਿਆ ਸੀ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਦਾ ਕਹਿਣਾ ਹੈ ਕਿ ਵਿਭਾਗ ਵੱਲੋਂ ਸਰਕਾਰ ਦੀਆ ਹਦਾਇਤਾਂ ’ਤੇ ਕਿਸਾਨਾਂ ਨੂੰ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰਨ ਵਾਸਤੇ ਚਲਾਈ ਜਾ ਰਹੀ ਮੁਹਿੰਮ ਦੇ ਸਾਰਥਕ ਨਤੀਜੇ ਆ ਰਹੇ ਹਨ। ਕਿਸਾਨ ਜਾਗਰੂਕ ਹੋ ਰਹੇ ਹਨ ਤੇ ਪਿਛਲੇ ਤਿੰਨ ਸਾਲਾਂ ਦੌਰਾਨ ਲਗਾਤਾਰ ਅੱਗ ਲਾਉਣ ਦੇ ਮਾਮਲੇ ਘਟੇ ਹਨ। ਹੋਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੁਹਿੰਮ ਲਈ ਜ਼ਲ੍ਹਿਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਵੱਲੋਂ ਵਿਭਾਗ ਦੇ ਅਧਿਕਾਰੀਆ ਨਾਲ ਮੀਟਿੰਗਾਂ ਕੀਤੀਆ ਜਾ ਰਹੀਆ ਹਨ। ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਜ਼ਿਲ੍ਹੇ ’ਚ ਜ਼ਿਲ੍ਹਾ, ਬਲਾਕ ਤੇ ਪਿੰਡ ਪੱਧਰ ’ਤੇ ਕੈਂਪ ਲਾਏ ਜਾਣਗੇ।