ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਸੰਗਤਪੁਰ ਵਿੱਚ ਬੀਤੀ ਰਾਤ ਇਕ ਪਰਿਵਾਰ ਦੇ ਪੰਜ ਮੈਂਬਰਾਂ ਵਲੋਂ ਜ਼ਹਿਰੀਲੀ ਦਵਾਈ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਫਗਵਾੜਾ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਇਨ੍ਹਾਂ ਦੀ ਪਛਾਣ ਹਰਦੀਪ ਸਿੰਘ ਉਸ ਦੀ ਪਤਨੀ ਰੁਚੀ ਤੇ ਦੋ ਛੋਟੀਆਂ ਬੱਚੀਆਂ ਤੇ ਹਰਦੀਪ ਸਿੰਘ ਦੀ ਮਾਤਾ ਕੁਲਦੀਪ ਕੌਰ ਵਾਸੀ ਸੰਗਤਪੁਰ ਵਜੋਂ ਹੋਈ ਹੈ।
ਸਿਵਲ ਹਸਪਤਾਲ ਵਿਖੇ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰਾਂ ਵਲੋਂ ਹਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਮੌਕੇ ਮੈਂਬਰ ਪੰਚਾਇਤ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰ ਨੇ ਰਾਤ ਕਰੀਬ 10 ਵਜੇ ਦਵਾਈ ਖਾ ਲਈ ਤੇ ਅੱਜ ਸਵੇਰੇ ਜਦੋਂ 7.30 ਵਜੇ ਉਨ੍ਹਾਂ ਨੂੰ ਪਤਾ ਲੱਗਾ। ਉਨ੍ਹਾਂ ਤੁਰੰਤ ਪਹੁੰਚ ਕੇ ਇਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਿਥੇ ਡਾਕਟਰਾਂ ਵਲੋਂ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉਕਤ ਵਿਅਕਤੀ ਕਿਸੇ ਵਿਅਕਤੀ ਨਾਲ ਰਲ ਕੇ ਏਜੰਟੀ ਦਾ ਕੰਮ ਕਰਦਾ ਸੀ ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੋਕ ਉਸ ਨੂੰ ਵੀ ਤੰਗ ਕਰ ਰਹੇ ਸਨ। ਦੁਖੀ ਹੋ ਕੇ ਉਸ ਵਲੋਂ ਅਜਿਹਾ ਕਦਮ ਚੁੱਕਿਆ ਜਾਪਦਾ ਹੈ। ਉਧਰ ਇਸ ਸਾਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।