ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ। ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ, ਜਨਰਲ ਪ੍ਰਬੰਧਕ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਅਤੇ ਇੰਚਾਰਜ ਮਲਕੀਤ ਸਿੰਘ ਬਹਿੜਵਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸ ਮੌਕੇ ਜਥੇ ਦੇ ਆਗੂ ਖੁਸ਼ਵਿੰਦਰ ਸਿੰਘ ਭਾਟੀਆ ਨੇ ਆਖਿਆ ਕਿ ਭਾਵੇਂ ਪੂਰੀ ਦੁਨੀਆਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਸਜਾਏ ਜਾਂਦੇ ਹਨ, ਪਰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਦਾ ਹਿੱਸਾ ਬਣਨਾ ਸ਼ਰਧਾਲੂਆਂ ਲਈ ਸੁਭਾਗੇ ਪਲ ਹਨ। ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਵੇ। ਖੁਸ਼ਵਿੰਦਰ ਸਿੰਘ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਨਹੀਂ ਲਗਦੇ ਉਨ੍ਹਾਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ 1684 ਸ਼ਰਧਾਲੂਆਂ ਵਿੱਚੋਂ 788 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਸ਼ਰਧਾਲੂਆਂ ਦੇ ਮਨਾਂ ਵਿਚ ਰੋਸ ਹੈ।