ਮਨਪ੍ਰੀਤ ਬਾਦਲ ਤੇ ਭਰਤਇੰਦਰ ਚਹਿਲ ਨੂੰ ਐਲਾਨਿਆ ਜਾਣ ਲੱਗਿਆ ਭਗੌੜੇ

Share on Social Media

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਭਰਇੰਦਰ ਸਿੰਘ ਚਾਹਲ ਨੂੰ ਭਗੌੜਾ ਕਰਾਰ ਦੇਣ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਦਾਲਤ ਤੋਂ ਵਾਰੰਟ ਹਾਸਲ ਕਰਕੇ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਾਰੰਟਾਂ ਦੇ ਨਾਲ ਹੀ ਵਿਜੀਲੈਂਸ ਵੱਲੋਂ ਬਾਦਲ ਅਤੇ ਚਹਿਲ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਦੇ ਦਸਤਾਵੇਜ਼ ਵੀ ਤਿਆਰ ਕੀਤੇ ਜਾ ਰਹੇ ਹਨ। ਅਧਿਕਾਰੀ ਨੇ ਦੱਸਿਆ ਕਿ ਉਕਤ ਦੋਹਾਂ ਆਗੂਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਬਿਊਰੋ ਦੀਆਂ ਟੀਮਾਂ ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਵੀ ਇਨ੍ਹਾਂ ਦੀ ਭਾਲ ਕਰ ਰਹੀਆਂ ਹਨ। ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਖਿਲਾਫ਼ ਅਗਸਤ ਮਹੀਨੇ ਵਿੱਚ ਸਰੋਤਾਂ ਤੋਂ ਵੱਧ ਆਮਦਨ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਦੋਂ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਪਿਛਲੇ ਮਹੀਨੇ ਦੌਰਾਨ ਬਠਿੰਡਾ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਾਉਣ ਦੇ ਦੋਸ਼ਾਂ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਚਾਹਲ ਲਗਾਤਾਰ ਰੂਪੋਸ਼ ਹੈ ਤੇ ਮਾਮਲਾ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਦੇ ਅਧਿਕਾਰੀ ਸਾਬਕਾ ਵਿੱਤ ਮੰਤਰੀ ਨੂੰ ਲੱਭਣ ਵਿੱਚ ਵੀ ਕਾਮਯਾਬ ਨਾ ਹੋ ਸਕੇ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਦੋਵੇਂ ਆਗੂ ਹਾਲ ਦੀ ਘੜੀ ਭਾਰਤ ਵਿੱਚ ਹੀ ਹਨ ਤੇ ਦੋਹਾਂ ਦੇ ਵਿਦੇਸ਼ ਜਾਣ ਦੀਆਂ ਸੰਭਾਵਨਾਵਾਂ ਖਤਮ ਹੋ ਗਈਆਂ ਹਨ ਕਿਉਂਕਿ ਫੌਜਦਾਰੀ ਮਾਮਲਿਆਂ ਦੇ ਅਧਾਰ ’ਤੇ ਵਿਜੀਲੈਂਸ ਨੇ ਲੁੱਕ ਆਊਟ ਸਰਕੁਲਰ (ਐਲਓਸੀ) ਜਾਰੀ ਕਰਵਾ ਦਿੱਤਾ ਹੈ।