ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਸ

Share on Social Media

ਨਵੀਂ ਦਿੱਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ  ਦੇ ਮੁਲਜ਼ਮਾਂ ਵਿਚੋਂ ਇਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈਲ ਦੀ ਟੀਮ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਡਿਪੋਰਟ ਕਰ ਕੇ ਭਾਰਤ ਲਿਆਈ ਹੈ। ਦਰਅਸਲ ਦਿੱਲੀ ਪੁਲਸ ਦੀ ਸਪੈਸ਼ਲ ਸੈਲ ਦੀ ਟੀਮ ਅਜ਼ਰਬੈਜਾਨ ਪਹੁੰਚੀ ਸੀ। ਦੱਸ ਦੇਈਏ ਕਿ ਸਚਿਨ ਬਿਸ਼ਨੋਈ, ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ। 

ਸਚਿਨ, ਸਿੱਧੂ ਮੂਸੇਵਾਲਾ ਦੇ ਕਤਲ ਦੇ ਕੁਝ ਦਿਨ ਪਹਿਲਾਂ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਫਰਾਰ ਹੋ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ ‘ਤੇ ਕਈ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿਚ ਅਜ਼ਰਬੈਜਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ ‘ਚ ਰਹਿ ਕੇ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਈ ਅਤੇ ਫਿਰ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬੈਜਾਨ ਦੌੜ ਗਿਆ ਸੀ।

ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ੂਟਰਾਂ ਨੇ ਉਸ ਦੀ ਜੀਪ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਸ਼ੂਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਸਨ। ਇਹ ਕਤਲੇਆਮ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ ‘ਤੇ ਗੋਲੀਆਂ ਦੇ 24 ਨਿਸ਼ਾਨ ਮਿਲੇ ਹਨ। ਯਾਨੀ ਕਿ ਕਾਤਲ ਮੂਸੇਵਾਲਾ ਨੂੰ ਕਿਸੇ ਵੀ ਕੀਮਤ ‘ਤੇ ਜਿਊਂਦ ਨਹੀਂ ਛੱਡਣਾ ਚਾਹੁੰਦੇ ਸਨ।