ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਚੈਨਲ, 24 ਤਾਰੀਕ ਤੋਂ Youtube ‘ਤੇ ਲਾਈਵ ਕੀਰਤਨ ਪ੍ਰਸਾਰਨ ਦਾ ਫੈਸਲਾ

Share on Social Media

ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਖੋਲ੍ਹੇਗੀ। ਅੰਤ੍ਰਿੰਗ ਕਮੇਟੀ ਵਿੱਚ ਲਏ ਗਏ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਿੰਨ ਮਹੀਨਿਆਂ ਬਾਅਦ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਲੈ ਕੇ ਆਵੇਗੀ। 

ਪ੍ਰਧਾਨ ਧਾਮੀ ਨੇ ਦੱਸਿਆ ਕਿ 24 ਜੁਲਾਈ ਤੋਂ ਯੂ-ਟਿਊਬ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇਗਾ। ਪ੍ਰਧਾਨ ਨੇ ਦੱਸਿਆ ਕਿ ਯੂਟਿਊਬ ਚੈਨਲ ਦਾ ਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੱਖਿਆ ਗਿਆ ਹੈ। ਇਸ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੋਣਗੇ। ਹਾਲਾਂਕਿ ਇਸ ਲਈ ਇੱਕ ਨਿੱਜੀ ਕੰਪਨੀ ਨੂੰ ਸ਼ਾਮਲ ਕੀਤਾ ਗਿਆ ਹੈ। ਧਾਮੀ ਨੇ ਇਹ ਵੀ ਕਿਹਾ ਕਿ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕੀਤਾ ਜਾਵੇ। ਇਸ ਲਈ ਭਾਰਤ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ ਤੇ ਯਤਨ ਤੇਜ਼ ਕੀਤੇ ਜਾਣਗੇ।

ਤੁਹਾਨੂੰ ਦੱਸ ਦੇਈਏ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪੰਜਾਬ ਵਿੱਚ ਵਿਵਾਦ ਹੋਇਆ ਸੀ। ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਦਬਾਅ ਪਾ ਰਹੀ ਸੀ ਕਿ ਉਹ ਇਕ ਵਿਸ਼ੇਸ਼ ਚੈਨਲ ਨੂੰ ਅਧਿਕਾਰ ਕਿਉਂ ਦੇ ਰਹੀ ਹੈ। ਪੰਜਾਬ ਸਰਕਾਰ ਨੇ ਇਸ ਲਈ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਵੀ ਪਾਸ ਕੀਤਾ ਸੀ।

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਚਰਚਾ ਦਾ ਵਿਸ਼ਾ ਸੀ ਐਸਜੀਪੀਸੀ ਆਪਣਾ ਚੈਨਲ ਲਾਂਚ ਕਰੇ। ਇਸ ਬਾਰੇ ਲੋਕਾਂ ਨੇ ਰਾਏ ਵੀ ਦਿੱਤੀ ਸੀ ਜਿਸ ਤੋਂ ਬਾਅਦ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਾਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਪੂਰੇ ਹੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 23 ਤਾਰੀਕ ਤੱਕ ਇਸ ਦੇ ਅਧਿਕਾਰ ਪੀਟੀਸੀ ਚੈਨਲ ਕੋਲ ਹਨ ਜੋ 23 ਤਾਰੀਕ ਨੂੰ ਖ਼ਤਮ ਹੋ ਰਹੇ ਹਨ। ਇਸ ਤੋਂ ਬਾਅਦ 24 ਤਾਰੀਕ ਨੂੰ ਅੰਮ੍ਰਿਤ ਵੇਲੇ ਗੁਰਬਾਣੀ ਦਾ ਪ੍ਰਸਾਰ ਸ਼੍ਰੋਮਣੀ ਕਮੇਟੀ ਦੇ ਚੈਨਲ ਤੋਂ ਸ਼ੁਰੂ ਕੀਤਾ ਜਾਵੇਗਾ।