ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਦਾਲਤ ‘ਚ ਕੀ ਹੋਇਆ

Share on Social Media

ਪੰਜਾਬ ਦੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਸੁਖਪਾਲ ਸਿੰਘ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਦੇ ਇਕ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੋਇਆ ਹੈ ਅਤੇ ਉਹ ਪੁਲਸ ਰਿਮਾਂਡ ‘ਤੇ ਚੱਲ ਰਹੇ ਹਨ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਦਰਜ ਕੀਤਾ ਗਿਆ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ ਹੈ ਕਿਉਂਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਪਹਿਲਾਂ ਹੀ ਰੋਕ ਲਾ ਚੁੱਕੀ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕਰਕੇ ਉਨ੍ਹਾਂ ‘ਤੇ ਹੋਈ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ। 

ਇਸ ਬਾਰੇ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦੇ ਹੋਏ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਲਿਖਿਆ ਕਿ ਆਖ਼ਰਕਾਰ ਗ੍ਰਿਫ਼ਤਾਰੀ ਦੀ 19 ਦਿਨਾਂ ਬਾਅਦ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਵਾਰ (8 ਦਿਨ) ਪੁਲਸ ਰਿਮਾਂਡ ‘ਤੇ ਭੇਜਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਸੀ। ਮੇਰੇ ਪਿਤਾ ਪ੍ਰਤੀ ਸਰਕਾਰ ਦੀ ਨਫ਼ਰਤ ਸਪੱਸ਼ਟ ਹੈ। ਮੇਰੇ ਪਿਤਾ ਪੂਰੀ ਤਰ੍ਹਾਂ ਬੇਕਸੂਰ ਹਨ ਅਤੇ ਉਹ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋ ਕੇ ਬਾਹਰ ਆਉਣਗੇ ਅਤੇ ਸੱਚ ਦੀ ਜਿੱਤ ਹੋਵੇਗੀ।