ਚੰਡੀਗੜ੍ਹ : ਜਲੰਧਰ ਦੀਆਂ ਰਹਿਣ ਵਾਲੀਆਂ ਦੋ ਕੁੜੀਆਂ ਖਰੜ (ਮੋਹਾਲੀ) ਦੇ ਗੁਰਦੁਆਰਾ ਸਾਹਿਬ ਵਿਚ ਵਿਆਹ ਰਚਾਉਣ ਤੋਂ ਬਾਅਦ ਸੁਰੱਖਿਆ ਦੀ ਮੰਗ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਈਆਂ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਜਲੰਧਰ ਦੇ ਐੱਸ. ਐੱਸ. ਪੀ. ਨੂੰ ਦੋਵਾਂ ਨੂੰ ਪੁਲਸ ਪ੍ਰੋਟੈਕਸ਼ਨ ਦੇਣ ਤੇ ਆਜ਼ਾਦੀ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਹੈ।
ਪਟੀਸ਼ਨ ਵਿਚ ਦੱਸਿਆ ਗਿਆ ਕਿ ਉਹ ਇਕ-ਦੂਸਰੇ ਨੂੰ ਪਸੰਦ ਕਰਦੀਆਂ ਹਨ ਤੇ ਇਕੱਠੇ ਜੀਵਨ ਬਿਤਾਉਣਾ ਚਾਹੁੰਦੀਆਂ ਹਨ, ਜਿਸ ਕਾਰਨ ਉਨ੍ਹਾਂ ਨੇ 18 ਅਕਤੂਬਰ ਨੂੰ ਖਰੜ ਦੇ ਗੁਰਦੁਆਰਾ ਸਾਹਿਬ ਵਿਚ ਵਿਆਹ ਰਚਾ ਲਿਆ ਹੈ। ਵਿਆਹ ਤੋਂ ਬਾਅਦ ਉਨ੍ਹਾਂ ਨੂੰ ਪਰਿਵਾਰ ਵਲੋਂ ਧਮਕੀਆਂ ਮਿਲ ਰਹੀਆਂ ਹਨ, ਜੋ ਕਿ ਵਿਆਹ ਦੇ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਤੇ ਉਨ੍ਹਾਂ ਦੀ ਆਜ਼ਾਦੀ ਖੋਹੀ ਜਾ ਰਹੀ ਹੈ।
ਅਦਾਲਤ ਨੂੰ ਦੱਸਿਆ ਗਿਆ ਕਿ ਜਾਨ ਨੂੰ ਖ਼ਤਰੇ ਕਾਰਨ ਉਨ੍ਹਾਂ ਨੇ ਜਲੰਧਰ ਦੇ ਐੱਸ. ਐੱਸ. ਪੀ. ਨੂੰ ਮੰਗ-ਪੱਤਰ ਵੀ ਦਿੱਤਾ ਸੀ ਪਰ ਕੋਈ ਲਾਭ ਨਹੀਂ ਹੋਇਆ, ਜਿਸ ਤੋਂ ਬਾਅਦ ਉਹ ਹਾਈਕੋਰਟ ਆਈਆਂ ਹਨ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਜਲੰਧਰ ਦੇ ਐੱਸ. ਐੱਸ. ਪੀ. ਨੂੰ ਇਸ ਮਾਮਲੇ ਵਿਚ ਪਟੀਸ਼ਨਰਾਂ ਦੇ ਮੰਗ-ਪੱਤਰ ’ਤੇ ਵਿਚਾਰ ਕਰ ਕੇ ਉਚਿਤ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਨਾਲ ਹੀ ਜੋੜੇ ਦੀ ਜ਼ਿੰਦਗੀ ਤੇ ਆਜ਼ਾਦੀ ਦੀ ਰੱਖਿਆ ਯਕੀਨੀ ਬਣਾਉਣ ਦਾ ਵੀ ਹੁਕਮ ਦਿੱਤਾ ਹੈ।