ਚੰਡੀਗੜ੍ਹ:ਪੰਜਾਬ ਪੁਲੀਸ ਅਤੇ ਜੰਮੂ-ਕਸ਼ਮੀਰ ਪੁਲੀਸ ਨੇ ਸਾਂਝੇ ਅਪਰੇਸ਼ਨ ਵਿਚ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਇਲਾਕੇ ’ਚੋਂ ਮਸ਼ਕੂਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉੱਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਸ ਕੋਲੋਂ 4.94 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਸਮੱਗਲਰ ਜੰਮੂ ਤੋਂ 30 ਕਿਲੋਗ੍ਰਾਮ ਹੈਰੋਇਨ ਦੀ ਹਾਲ ਹੀ ਵਿੱਚ ਬਰਾਮਦਗੀ ਨਾਲ ਜੁੜੇ ਲੋਕਾਂ ਵਿੱਚੋਂ ਇੱਕ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਤਸਕਰ ਕੋਲੋਂ ਰਿਵਾਲਵਰ ਅਤੇ 38 ਜਾਅਲੀ ਵਾਹਨ ਨੰਬਰ ਪਲੇਟਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਕਾਬੂ ਕੀਤਾ ਮੁਲਜ਼ਮ ਮਨਜੀਤ ਸਿੰਘ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ ਪਰ ਪਿਛਲੇ ਕੁਝ ਮਹੀਨਿਆਂ ਤੋਂ ਮੁੱਲਾਂਪੁਰ ਦਾਖਾ ਵਿਖੇ ਕਿਰਾਏ ’ਤੇ ਰਹਿੰਦਾ ਸੀ।