Breaking News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਦਾ ਨੋਟਿਸ, ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ

Share on Social Media

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਜਰੀਵਾਲ (55) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਤਹਿਤ ਸੰਮਨ ਜਾਰੀ ਕੀਤਾ ਗਿਆ ਹੈ ਅਤੇ ਸੂਤਰਾਂ ਅਨੁਸਾਰ ਏਜੰਸੀ ਦਿੱਲੀ ਵਿਚ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਦੇ ਬਿਆਨ ਦਰਜ ਕਰੇਗੀ। 

ਈ.ਡੀ. ਨੇ ਮਾਮਲੇ ਵਿਚ ਦਾਇਰ ਚਾਰਜਸ਼ੀਟ ਵਿਚ ਕਈ ਵਾਰ ਕੇਜਰੀਵਾਲ ਦੇ ਨਾਂ ਦਾ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਦੋਸ਼ੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਦੇ ਸਬੰਧ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੇ ਸੰਪਰਕ ਵਿਚ ਸਨ। ਬਾਅਦ ਵਿਚ ਇਹ ਆਬਕਾਰੀ ਨੀਤੀ ਰੱਦ ਕਰ ਦਿੱਤੀ ਗਈ। 

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ। ਸਿਸੋਦੀਆ ਨੂੰ ਇਕ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਉਸ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਸ ਨੇ ਕੇਸ ਵਿਚ 338 ਕਰੋੜ ਰੁਪਏ ਦੇ ਟ੍ਰਾਂਸਫਰ ਦੀ ਅਸਥਾਈ ਤੌਰ ‘ਤੇ ਪੁਸ਼ਟੀ ਹੋਈ ਹੈ।