CM ਮਾਨ ਨੇ ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ, ਸੂਬੇ ਨੂੰ ਖੇਡਾਂ ‘ਚ ਮੋਹਰੀ ਬਣਾਉਣ ਦਾ ਲਿਆ ਸੰਕਲਪ

Share on Social Media

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਕਰਵਾਏ ਕ੍ਰਿਕਟ ਮੈਚ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਦਾ ਹੀ ਨਤੀਜਾ ਹੈ ਕਿ ਪੰਜਾਬੀ ਖਿਡਾਰੀਆਂ ਨੇ ਹੁਣੇ ਜਿਹੇ ਹੀ ਹੋਈਆਂ ਏਸ਼ਿਆਈ ਖੇਡਾਂ ਵਿਚ 19 ਮੈਡਲ ਜਿੱਤੇ ਹਨ, ਜੋ ਕਿ ਇਨ੍ਹਾਂ ਖੇਡਾਂ ਦੇ ਸੰਦਰਭ ਵਿਚ ਕਿਸੇ ਇਕ ਰਾਜ ਵਜੋਂ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਸਤੁੰਸ਼ਟੀ ਵਾਲੀ ਗੱਲ ਹੈ ਕਿ ਇਸ ਮੁਕਾਬਲੇ ਵਿਚ ਹੋਏ 68 ਗੋਲਾਂ ਵਿਚੋਂ 43 ਗੋਲ ਭਾਰਤੀ ਟੀਮ ਵਿਚ ਸ਼ਾਮਲ ਪੰਜਾਬੀ ਖਿਡਾਰੀਆਂ ਨੇ ਕੀਤੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਨੇ ਆਪਣੀ ਪਸੰਦ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਦਾ ਅਦੁੱਤੀ ਜਜ਼ਬਾ ਬਖਸ਼ਿਆ ਹੈ। ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਹੁਣ ਜਦੋਂ ਪੰਜਾਬੀਆਂ ਨੇ ਸੂਬੇ ਵਿਚੋਂ ਨਸਿ਼ਆਂ ਦੇ ਸਰਾਪ ਨੂੰ ਮਿਟਾਉਣ ਦਾ ਮਨ ਬਣਾ ਲਿਆ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰਾਂ ਨਾਲ ਨਸ਼ਾ ਮੁਕਤ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਨੂੰ ਮੁੜ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਹ ਕ੍ਰਿਕਟ ਮੈਚ ਵੀ ਇਸੇ ਪਹਿਲਕਦਮੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਕੇ ਨਸ਼ਿਆਂ ਦੇ ਖਾਤਮੇ ਲਈ ਜਾਗ ਦਾ ਕੰਮ ਕਰੇਗਾ।